- ਟੀਟੀਪੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ
ਨਵੀਂ ਦਿੱਲੀ, 30 ਨਵੰਬਰ 2022 – ਪਾਕਿਸਤਾਨ ਦੇ ਦੱਖਣ-ਪੱਛਮੀ ਸ਼ਹਿਰ ਕਵੇਟਾ ‘ਚ ਬੁੱਧਵਾਰ ਨੂੰ ਇਕ ਆਤਮਘਾਤੀ ਹਮਲਾਵਰ ਵੱਲੋਂ ਪੁਲਸ ਦੇ ਵਾਹਨ ‘ਤੇ ਧਮਾਕਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਗਸ਼ਤ ਕਰ ਰਹੇ ਗਰੁੱਪ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 28 ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਘਟਨਾ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਅਬਦੁਲ ਹੱਕ ਨੇ ਸਮਾਚਾਰ ਏਜੰਸੀ ਰਾਇਟਰਸ ਨੂੰ ਦੱਸਿਆ ਕਿ ਬੰਬ ਧਮਾਕੇ ਵਿਚ ਪੁਲਿਸ ਗਸ਼ਤੀ ਦਲ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਵਿੱਚ ਤਿੰਨ ਦੀ ਮੌਤ ਹੋ ਗਈ। 28 ਲੋਕ ਜ਼ਖਮੀ ਹੋਏ ਹਨ। ਇਸ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ, ਇੱਕ ਔਰਤ ਅਤੇ ਇੱਕ ਬੱਚੇ ਦੀ ਮੌਤ ਹੋ ਗਈ ਹੈ। ਆਤਮਘਾਤੀ ਹਮਲੇ ਦੇ ਸਮੇਂ ਇੱਕ ਪੁਲਿਸ ਗਸ਼ਤ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ਕਰ ਰਹੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਖਮੀਆਂ ਨੂੰ ਕਵੇਟਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬਲੋਚਿਸਤਾਨ ਦੇ ਮੁੱਖ ਮੰਤਰੀ ਅਬਦੁਲ ਕੁੱਦੁਸ ਬਿਜੈਂਜੋ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।