ਨਵੀਂ ਦਿੱਲੀ, 17 ਜੁਲਾਈ 2024 – ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚ ਹਿੰਸਾ ਫੈਲ ਗਈ ਹੈ। ਇਸ ‘ਚ 400 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਬੰਗਲਾਦੇਸ਼ੀ ਨਿਊਜ਼ ਆਊਟਲੈੱਟ ਢਾਕਾ ਟ੍ਰਿਬਿਊਨ ਦੇ ਅਨੁਸਾਰ, ਪੁਲਿਸ ਨੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ, ਜਿਸ ਨਾਲ ਦਰਜਨਾਂ ਲੋਕ ਜ਼ਖਮੀ ਹੋ ਗਏ।
ਹਿੰਸਾ ਹੋਰ ਭੜਕ ਗਈ ਜਦੋਂ ਰੰਗਪੁਰ ਬੇਗਮ ਰੋਕੀਆ ਯੂਨੀਵਰਸਿਟੀ ਦੇ 22 ਸਾਲਾ ਵਿਦਿਆਰਥੀ ਅਬੂ ਸਈਦ ਦੀ ਮੰਗਲਵਾਰ ਨੂੰ ਪੁਲਿਸ ਕਾਰਵਾਈ ਦੌਰਾਨ ਮੌਤ ਹੋ ਗਈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ‘ਤੇ ਗੋਲੀਆਂ ਚਲਾਈਆਂ ਸਨ।
ਇਸ ਤੋਂ ਇਕ ਹਫਤਾ ਪਹਿਲਾਂ ਸੁਪਰੀਮ ਕੋਰਟ ਨੇ ਨੌਕਰੀਆਂ ‘ਚ ਰਾਖਵੇਂਕਰਨ ‘ਤੇ ਰੋਕ ਲਗਾ ਦਿੱਤੀ ਸੀ। ਪਰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਇਸ ਨੂੰ ਲਾਗੂ ਨਹੀਂ ਕੀਤਾ ਹੈ। ਹਸੀਨਾ ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਸਾਡੇ ਹੱਥ ਹੈ।
ਇਸ ਸਾਲ ਜਨਵਰੀ ‘ਚ ਹੋਈਆਂ ਆਮ ਚੋਣਾਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਦੇਸ਼ ‘ਚ ਇੰਨੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਹੋ ਰਹੇ ਹਨ। 1971 ਵਿੱਚ ਬੰਗਲਾਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਲੋਕਾਂ ਦੇ ਬੱਚੇ ਵੀ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਾਮਲ ਹਨ। ਲੋਕਾਂ ਦਾ ਕਹਿਣਾ ਹੈ ਕਿ ਹਸੀਨਾ ਸਰਕਾਰ ਨੇ ਉਨ੍ਹਾਂ ਲੋਕਾਂ ਨੂੰ ਰਾਖਵਾਂਕਰਨ ਦਿੱਤਾ ਹੈ ਜਿਨ੍ਹਾਂ ਦੀ ਆਮਦਨ ਵੱਧ ਹੈ।
ਇਹ ਲੋਕ ਉਹ ਹਨ ਜੋ ਹਸੀਨਾ ਦੇ ਵੋਟਰ ਮੰਨੇ ਜਾਂਦੇ ਹਨ। ਸਰਕਾਰ ਦਾ ਕਹਿਣਾ ਹੈ ਕਿ ਅਪਾਹਜ ਲੋਕਾਂ ਅਤੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਨੌਕਰੀਆਂ ਵਿੱਚ 30% ਰਾਖਵਾਂਕਰਨ ਦਿੱਤਾ ਗਿਆ ਸੀ।
ਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹਿੰਸਾ ਜਾਰੀ ਹੈ। ਇਸ ਦੌਰਾਨ ਹਸੀਨਾ ਦੇ ਸਮਰਥਕਾਂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਹਮਲਾ ਕਰ ਦਿੱਤਾ। ਯੂਨੀਵਰਸਿਟੀ ਦੇ ਵਿਦਿਆਰਥੀ ਨਾਹਿਦ ਇਸਲਾਮ ਨੇ ਦੱਸਿਆ ਕਿ ਹਸੀਨਾ ਸਮਰਥਕਾਂ ਨੇ ਸਾਡੇ ਕੈਂਪਸ ‘ਤੇ ਰਾਡਾਂ, ਲਾਠੀਆਂ ਅਤੇ ਪੱਥਰਾਂ ਨਾਲ ਹਮਲਾ ਕੀਤਾ ਅਤੇ 150 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚ 30 ਔਰਤਾਂ ਅਤੇ 20 ਵਿਦਿਆਰਥੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।