ਟੌਪ ਭਾਰਤੀ ਡਿਪਲੋਮੈਟ ਨੂੰ ਕੈਨੇਡਾ ਛੱਡਣ ਦੇ ਹੁਕਮ, ਟਰੂਡੋ ਨੇ ਕਿਹਾ ਭਾਰਤ ਨੇ ਸਿੱਖ ਆਗੂ ਦਾ ਕ+ਤ+ਲ ਕਰਵਾਇਆ

  • ਜਾਂਚ ‘ਚ ਸਹਿਯੋਗ ਲਈ ਦਬਾਅ ਪਾਵਾਂਗੇ

ਨਵੀਂ ਦਿੱਲੀ, 19 ਸਤੰਬਰ 2023 – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।

ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 9-10 ਸਤੰਬਰ ਨੂੰ ਭਾਰਤ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਜਿਹੇ ਦੋਸ਼ ਲਗਾ ਰਹੇ ਹਨ।

ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਡਿਪੋਰਟ ਕਰ ਦਿੱਤਾ ਹੈ, ਜੋ ਕੈਨੇਡਾ ਵਿੱਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ। ਹਾਲਾਂਕਿ ਜੌਲੀ ਨੇ ਇਸ ਡਿਪਲੋਮੈਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਟਰੂਡੋ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ‘ਚ ਕਿਸੇ ਵੀ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਤਲ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਭਾਰਤ ਸਰਕਾਰ ’ਤੇ ਦਬਾਅ ਪਾਉਣਗੇ।

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੈਨੇਡਾ ਵਿੱਚ ਵਸਦੇ ਭਾਰਤੀ ਮੂਲ ਦੇ ਸਿੱਖਾਂ ਦੀ ਵੱਡੀ ਆਬਾਦੀ ਇਸ ਕਤਲ ਤੋਂ ਗੁੱਸੇ ਵਿੱਚ ਹੈ। ਬਹੁਤ ਸਾਰੇ ਸਿੱਖ ਆਪਣੀ ਸੁਰੱਖਿਆ ਨੂੰ ਲੈ ਕੇ ਡਰੇ ਹੋਏ ਹਨ। ਦੇਸ਼ ਵਿੱਚ ਭਾਰਤੀ ਮੂਲ ਦੇ 14 ਤੋਂ 18 ਲੱਖ ਨਾਗਰਿਕ ਹਨ, ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਹਨ। ਕੈਨੇਡਾ ਦੀ ਵਿਰੋਧੀ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਸਿੱਖ ਭਾਈਚਾਰੇ ਵਿੱਚੋਂ ਹਨ।

ਕੈਨੇਡਾ ਅਤੇ ਭਾਰਤ ਦੇ ਸਬੰਧ ਪਹਿਲਾਂ ਹੀ ਤਣਾਅਪੂਰਨ ਹਨ। ਕੈਨੇਡੀਅਨ ਪੀਐਮ ਦੇ ਇਸ ਇਲਜ਼ਾਮ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜਨ ਦੀ ਸੰਭਾਵਨਾ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਕੈਨੇਡਾ ਨੇ ਭਾਰਤ ਨਾਲ ਵਪਾਰਕ ਸੌਦੇ ਬਾਰੇ ਗੱਲਬਾਤ ਰੋਕ ਦਿੱਤੀ ਸੀ। ਇਸ ਦੇ ਨਾਲ ਹੀ, ਜੀ-20 ਦੌਰਾਨ, ਪੀਐਮ ਮੋਦੀ ਨੇ ਜਸਟਿਨ ਟਰੂਡੋ ਨਾਲ ਦੁਵੱਲੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਹਰਦੀਪ ਸਿੰਘ ਨਿੱਝਰ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਸੀ। ਕੈਨੇਡਾ ਵਿੱਚ ਰਹਿੰਦਿਆਂ ਉਹ ਲੰਮੇ ਸਮੇਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਹਵਾ ਦੇ ਰਿਹਾ ਸੀ। 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ।

ਨਿੱਝਰ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਨਿੱਝਰ ਨੂੰ ਕਾਰ ਤੋਂ ਬਾਹਰ ਨਿਕਲਣ ਦਾ ਸਮਾਂ ਨਹੀਂ ਮਿਲਿਆ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸਦਮਾ, ਪਿਤਾ ਦਾ ਦੇਹਾਂਤ

CM ਮਾਨ ਪੰਜਾਬ ਅੱਜ ਪਹੁੰਚਣਗੇ ਸਕੱਤਰੇਤ : ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ