- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ `ਤੇ ਰਾਹਤ ਕਾਰਜ ਜਾਰੀ
ਗੁਰਦਾਸਪੁਰ, 30 ਅਗਸਤ 2025 – ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਦਿਨ-ਰਾਤ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬੀਤੀ ਸ਼ਾਮ ਤੱਕ 5400 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 23 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 13 ਐਕਟਿਵ ਹਨ। ਇਨ੍ਹਾਂ ਕੈਂਪਾਂ ਵਿੱਚ ਖਾਣੇ ਤੋਂ ਇਲਾਵਾ ਸੌਂਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੁੱਢਲੀ ਸਹਾਇਤਾ ਮੁਹੱਈਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਐਂਬੂਲੈਂਸ ਵੀ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਕੱਲ੍ਹ ਤੱਕ 52 ਮੈਡੀਕਲ ਕੈਂਪ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਐੱਨ.ਡੀ.ਆਰ.ਐੱਫ਼. ਦੀਆਂ 6 ਟੀਮਾਂ, ਭਾਰਤੀ ਫ਼ੌਜ ਦੀਆਂ 3 ਟੀਮਾਂ ਅਤੇ ਬੀ.ਐੱਸ.ਐੱਫ਼. ਦੀ 1 ਟੀਮ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੀਆਂ ਹਨ। ਇਨ੍ਹਾਂ ਟੀਮਾਂ ਵੱਲੋਂ ਕਿਸ਼ਤੀਆਂ ਅਤੇ ਹੋਰ ਸਾਧਨਾਂ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਟਿਕਾਣਿਆ ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 5000 ਤੋਂ ਵੱਧ ਰਾਹਤ ਸਮਗਰੀ ਦੀਆਂ ਕਿੱਟਾਂ ਹੜ੍ਹ ਪ੍ਰਭਾਵਿਤ ਵਿਅਕਤੀਆਂ ਤੱਕ ਪਹੁੰਚਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਹਤ ਸਮਗਰੀ ਦੀ ਵੰਡ ਲੋੜ ਪੈਣ ਤੱਕ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਕਾਰਨ ਪਸ਼ੂ ਧੰਨ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀ ਰੀਪੋਰਟ ਅਨੁਸਾਰ ਜ਼ਿਲ੍ਹੇ ਵਿੱਚ 243 ਪਸ਼ੂਆਂ ਦੀ ਹੜ੍ਹਾਂ ਕਾਰਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਪਸ਼ੂਆਂ ਨੂੰ ਬਚਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਸ਼ੂਆਂ ਨੂੰ ਚਾਰਾ ਦਿੱਤਾ ਜਾ ਰਿਹਾ ਹੈ ਅਤੇ ਨਾਲ ਹੀ ਵੈਨਟਨਰੀ ਡਾਕਟਰਾਂ ਵੱਲੋਂ ਪਸ਼ੂਆਂ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਹੋਇਆ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੀ ਪਾਣੀ ਲਗਾਤਾਰ ਘੱਟ ਰਿਹਾ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਲਕੁਲ ਨਾ ਘਬਰਾਉਣ, ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 01874-266376 `ਤੇ ਸੰਪਰਕ ਕੀਤਾ ਜਾ ਸਕਦਾ ਹੈ।
